ਰੂਪਨਗਰ, 30 ਨਵੰਬਰ 2022 (ਪ.ਬ.)-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਖਾਣ-ਪੀਣ ਦੀਆਂ ਵਸਤਾਂ ਬਣਾਉਣ ਅਤੇ ਵੇਚਣ ਵਾਲੇ ਦੁਕਾਨਦਾਰਾਂ, ਹਲਵਾਈਆਂ, ਕਰਿਆਨਾ ਦੁਕਾਨਦਾਰਾਂ, ਸਬਜ਼ੀ/ਫੱਲ ਵਿਕਰੇਤਾਵਾਂ, ਦੋਧੀਆਂ ਅਤੇ ਹੋਰ ਫ਼ੂਡ ਬਿਜ਼ਨਸ ਆਪਰੇਟਰਜ਼ (ਐਫ਼.ਬੀ.ਓ.) ਨੂੰ ਹਦਾਇਤ ਕੀਤੀ ਹੈ ਕਿ ਉਹ ਸ਼ੁੱਧ, ਮਿਆਰੀ ਤੇ ਸਾਫ਼-ਸੁਥਰੀਆਂ ਚੀਜ਼ਾਂ ਵੇਚਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਫ਼ੂਡ ਸੇਫ਼ਟੀ ਵਿੰਗ ਵਲੋਂ ਜ਼ਿਲ੍ਹੇ ਦੇ ਸਾਰੇ ਖੇਤਰਾਂ ਵਿਚਲੀਆਂ ਦੁਕਾਨਾਂ ਤੇ ਹੋਰ ਥਾਵਾਂ ‘ਤੇ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ। ਉਨ੍ਹਾਂ ਦੱਸਿਆ ਕਿ ਅਕਤੂਬਰ ਅਤੇ ਨਵੰਬਰ ਵਿੱਚ ਤਿਉਹਾਰਾਂ ਸਮੇਂ ਸਪੈਸ਼ਲ ਮੁਹਿੰਮ ਦੌਰਾਨ ਫੂਡ ਸੇਫਟੀ ਟੀਮ ਦੁਆਰਾ ਮਿਠਾਈਆਂ ਅਤੇ ਦੁੱਧ ਤੇ ਦੁੱਧ ਤੋਂ ਬਣੇ ਪਦਾਰਥਾਂ ਦੇ ਕੁੱਲ 44 ਸੈਂਪਲ ਲਏ ਗਏ ਜਿਨ੍ਹਾਂ ਵਿਚੋਂ 10 ਸੈਂਪਲ ਫੇਲ ਪਾਏ ਗਏ, 09 ਸੈਂਪਲ ਸਬਸਟੈਂਡਰਡ/ਮਿਸਬਰੈਂਡਡ ਤੇ 01 ਸੈਂਪਲ ਅਨਸੇਫ ਪਾਇਆ ਗਿਆ ਹੈ। ਇਸ ਦੇ ਨਾਲ ਹੀ 12 ਸੈਂਪਲਾਂ ਦੀ ਰਿਪੋਰਟ ਅਜੇ ਫੂਡ ਲੈਬ ਤੋਂ ਪੈਡਿੰਗ ਪਈ ਹੈ। ਉਨ੍ਹਾਂ ਦੱਸਿਆ ਕਿ ਫੇਲ ਪਾਏ ਗਏ ਸੈਂਪਲਾਂ ਦੇ ਦੋਸ਼ੀਆਂ ਵਿਰੁੱਧ ਫੂਡ ਸੇਫਟੀ ਐਕਟ ਅਧੀਨ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ “ਫ਼ੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ” ਤਹਿਤ ਹਰ ਦੁਕਾਨਦਾਰ, ਦੋਧੀ ਜਾਂ ਹੋਰ ਸਬੰਧਤ ਵਿਅਕਤੀ ਲਈ ਸ਼ੁੱਧ, ਮਿਲਾਵਟ-ਰਹਿਤ ਤੇ ਪੌਸ਼ਟਿਕ ਚੀਜ਼ਾਂ ਵੇਚਣਾ ਜ਼ਰੂਰੀ ਹੈ। ਜੇ ਕੋਈ ਵੀ ਦੁਕਾਨਦਾਰ ਇਸ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੁਕਾਨਦਾਰ ਸ਼ੁੱਧ ਅਤੇ ਮਿਲਾਵਟ ਰਹਿਤ ਮਠਿਆਈਆਂ ਵੇਚਣਾ ਯਕੀਨੀ ਬਣਾਉਣ। ਅਜਿਹਾ ਨਾ ਕਰਨ ਦੀ ਹਾਲਤ ਵਿਚ ਉਨ੍ਹਾਂ ਦਾ ਵਿਕਰੀ ਲਾਇਸੰਸ ਰੱਦ ਕੀਤਾ ਜਾਵੇਗਾ ਅਤੇ ਨਾਲ ਹੀ ਕਾਨੂੰਨ ਵਿਚ ਜੁਰਮਾਨੇ ਅਤੇ ਸਜ਼ਾ ਦਾ ਵੀ ਪ੍ਰਬੰਧ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਖ਼ੁਦ ਵੀ ਜਾਗਰੂਕ ਹੋਣ ਅਤੇ ਖਾਣ-ਪੀਣ ਦੀਆਂ ਚੀਜ਼ਾਂ ਦੀ ਖ਼ਰੀਦ ਸਮੇਂ ਮਿਆਰ ਅਤੇ ਸ਼ੁੱਧਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਨਾ ਕਰਨ।
ਉਨ੍ਹਾਂ ਕਿਹਾ ਕਿ ਫ਼ੂਡ ਸੇਫ਼ਟੀ ਕਾਨੂੰਨ ਤਹਿਤ ਮਠਿਆਈ ਵੇਚਣ ਵਾਲੇ ਦੁਕਾਨਦਾਰਾਂ ਨੂੰ ਦਰਸਾਉਣਾ ਪਵੇਗਾ ਕਿ ਦੁਕਾਨ ਵਿਚ ਟਰੇਅ ਜਾਂ ਕਾਊਂਟਰ ਵਿਚ ਵਿਕਰੀ ਲਈ ਪਈਆਂ ਖੁੱਲ੍ਹੀਆਂ ਮਠਿਆਈਆਂ ਕਿਹੜੀ ਤਰੀਕ ਤੱਕ ਖਾਣ ਯੋਗ ਹਨ। ਹਰ ਦੁਕਾਨਦਾਰ ਨੂੰ ਟਰੇਅ ਉਤੇ ‘ਇਸ ਤਰੀਕ ਤੋਂ ਪਹਿਲਾਂ ਖਾਣਯੋਗ’ ਵਾਲੀ ਪਰਚੀ ਲਗਾਉਣੀ ਪਵੇਗੀ ਤੇ ਜਿਹੜੇ ਦੁਕਾਨਦਾਰ ਅਜਿਹਾ ਨਹੀਂ ਕਰਨਗੇ, ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਦਿਆਂ ਚਲਾਨ ਕੱਟੇ ਜਾਣਗੇ। ਇਹ ਨਿਯਮ ਦੇਸ਼ ਭਰ ‘ਚ 1 ਅਕਤੂਬਰ, 2020 ਤੋਂ ਲਾਗੂ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਦੁਕਾਨਦਾਰਾਂ ਨੇ ਟਰੇਆਂ ਵਿੱਚ ਖੁੱਲ੍ਹੀਆਂ ਮਠਿਆਈਆਂ ਰੱਖੀਆਂ ਹੁੰਦੀਆਂ ਹਨ ਅਤੇ ਗਾਹਕਾਂ ਨੂੰ ਪਤਾ ਨਹੀਂ ਲਗਦਾ ਕਿ ਮਠਿਆਈਆਂ ਕਦੋਂ ਬਣੀਆਂ ਹਨ ਅਤੇ ਕਦੋਂ ਤਕ ਖਾਣਯੋਗ ਹਨ। ਇਸ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਦੁਕਾਨਦਾਰਾਂ ਨੂੰ ਮਠਿਆਈ ਵਾਲੀ ਹਰ ਟਰੇਅ ਅੱਗੇ ਪਰਚੀ ਲਗਾ ਕੇ ਦਰਸਾਉਣਾ ਪਵੇਗਾ ਕਿ ਇਹ ਮਠਿਆਈ ਕਿਸ ਤਰੀਕ ਤਕ ਖਾਧੀ ਜਾ ਸਕਦੀ ਹੈ।