ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ 76ਵੇਂ ਗਣਤੰਤਰ ਦਿਵਸ ਮੌਕੇ ਨਵਾਂਸ਼ਹਿਰ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਪਹਿਲਾਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਯਾਦਗਾਰ ’ਤੇ ਸ਼ਰਧਾ ਸੁਮਨ ਅਰਪਿਤ ਕੀਤੇ। ਇਸ ਮੌਕੇ ਉਨਾਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਨ ਤੋਂ ਇਲਾਵਾ ਉਨਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ ’ਤੇ ਵੀ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਇਸ ਮੌਕੇ ਉਨਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ। ਉਨਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਦੇ ਇਸ ਜੱਦੀ ਪਿੰਡ ਤੋਂ ਸਹੁੰ ਚੁੱਕ ਕੇ ਬਣੀ ਪੰਜਾਬ ਸਰਕਾਰ, ਸ਼ਹੀਦ ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦਿੰਦਿਆਂ ਫ਼ਿਰਕੂ ਸਦਭਾਵਨਾ ਵਾਲਾ ਖੁਸ਼ਹਾਲ ਸਮਾਜ ਸਿਰਜਣ ਲਈ ਪੂਰੀ ਵਾਹ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਖੁਸ਼ਹਾਲੀ ਲਈ ਕਈ ਲੋਕ ਪੱਖੀ ਤੇ ਵਿਕਾਸ ਅਧਾਰਿਤ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਲਈ ਕਈ ਕਦਮ ਚੁੱਕੇ ਹਨ।। ਉਨ੍ਹਾਂ ਕਿਹਾ ਕਿ ਇਨ੍ਹਾਂ ਕਦਮਾਂ ਦਾ ਇਕੋ-ਇਕ ਉਦੇਸ਼ ਸਾਡੇ ਮਹਾਨ ਸ਼ਹੀਦਾਂ ਵੱਲੋਂ ਸੰਜੋਏ ਸੁਪਨਿਆਂ ਵਾਲਾ ਸਮਾਜ ਬਣਾਉਣਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਨੇ ਖਟਕੜ ਕਲਾਂ ਦੀ ਇਸ ਪਵਿੱਤਰ ਧਰਤੀ ‘ਤੇ ਵਿਰਾਸਤੀ ਗਲੀ ਦੇ ਨਿਰਮਾਣ ਦਾ ਫ਼ੈਸਲਾ ਕੀਤਾ ਹੈ ਤਾਂ ਕਿ ਸੁਤੰਤਰਤਾ ਸੰਗਰਾਮ ਵਿਚ ਪੰਜਾਬੀਆਂ ਤੇ ਪੰਜਾਬ ਦੇ ਸ਼ਾਨਾਮੱਤੇ ਯੋਗਦਾਨ ਨੂੰ ਦਰਸਾਇਆ ਜਾ ਸਕੇ। ਉਨ੍ਹਾਂ ਕਿਹਾ ਕਿ 850 ਮੀਟਰ ਲੰਮੀ ਇਹ ਵਿਰਾਸਤੀ ਗਲੀ ਅਜਾਇਬ ਘਰ ਤੋਂ ਸ਼ਹੀਦ ਭਗਤ ਸਿੰਘ ਦੇ ਘਰ ਤੱਕ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਗਲੀ ਜਿਥੇ ਸੁਤੰਤਰਤਾ ਸੰਗਰਾਮ ਵਿਚ ਸੂਬੇ ਦੇ ਮਹਾਨ ਯੋਗਦਾਨ ਨੂੰ ਦਰਸਾਏਗੀ, ਉੱਥੇ ਨੌਜਵਾਨਾਂ ਨੂੰ ਦੇਸ਼ ਲਈ ਤਨਦੇਹੀ ਨਾਲ ਕੰਮ ਕਰਨ ਲਈ ਵੀ ਪ੍ਰੇਰੇਗੀ।
ਇਸ ਮੌਕੇ ਵਿਧਾਇਕ ਬੰਗਾ ਅਤੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਡਾ. ਸੁਖਵਿੰਦਰ ਕੁਮਾਰ ਸੁੱਖੀ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐਸ. ਐਸ. ਪੀ ਡਾ. ਮਹਿਤਾਬ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ ਕੁਲਜੀਤ ਸਿੰਘ ਸਰਹਾਲ ਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।